ਮਾਨ ਸਰਕਾਰ ਵੱਲੋਂ ਸਿੱਖ ਮਾਮਲਿਆਂ ਚ ਦਖ਼ਲ ਮੰਦਭਾਗਾ ਢੀਂਡਸਾ
ਦਰਸ਼ਨ ਸਿੰਘ ਚੌਹਾਨ, ਸੁਨਾਮ
ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਸੀਨੀਅਰ ਆਗੂ ਅਤੇ ਸਾਬਕਾ ਖਜ਼ਾਨਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਸੂਬੇ ਦੀ ਭਗਵੰਤ ਮਾਨ ਸਰਕਾਰ ਸਿੱਖਾਂ ਦੇ ਧਾਰਮਿਕ ਮਾਮਲਿਆਂ ਵਿੱਚ ਦਖਲ ਨਾ ਦੇਵੇ। ਉਨ੍ਹਾਂ ਕਿਹਾ ਕਿ ਕੁਰਬਾਨੀਆਂ ਤੋਂ ਬਾਅਦ ਹੋਂਦ ਵਿੱਚ ਆਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਕਾਰਜ਼ਾਂ ਵਿੱਚ ਦਖਲ ਸਰਕਾਰਾਂ ਨਹੀਂ ਦੇ ਸਕਦੀਆਂ। ਉਂਜ ਉਨ੍ਹਾਂ ਕਿਹਾ ਕਿ ਗੁਰਬਾਣੀ ਪ੍ਰਸਾਰਣ ਦੇ ਅਧਿਕਾਰ ਕਿਸੇ ਇੱਕ ਚੈਨਲ ਨੂੰ ਨਹੀਂ ਦਿੱਤੇ ਜਾਣੇ ਚਾਹੀਦੇ। ਸੁਨਾਮ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਾਬਕਾ ਖਜ਼ਾਨਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਪੰਥਕ ਧਿਰਾਂ ਵਿੱਚ ਏਕਤਾ ਕਰਾਉਣ ਸਬੰਧੀ ਦਿੱਤੇ ਬਿਆਨ ਦਾ ਸਵਾਗਤ ਕਰਦਿਆਂ ਕਿਹਾ ਕਿ ਜਥੇਦਾਰ ਸਾਹਿਬ ਨੂੰ ਪਹਿਲਾਂ ਪੰਥਕ ਧਿਰਾਂ ਵਿੱਚ ਏਕਤਾ ਲਈ ਅੜਿੱਕਾ ਬਣਿਆ ਨੂੰ ਸਮਝਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਸਾਡੀ ਸੁਖਬੀਰ ਸਿੰਘ ਬਾਦਲ ਨਾਲ ਕੋਈ ਨਿੱਜੀ ਰੰਜ਼ਿਸ਼ ਨਹੀਂ, ਅਸੀਂ ਹਮੇਸ਼ਾ ਪੰਥਕ ਰਵਾਇਤਾਂ ਅਤੇ ਸਿਧਾਂਤਾਂ ਨੂੰ ਪਹਿਲ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਅਤੇ ਪੰਜਾਬੀਆਂ ਦੇ ਹਿੱਤਾਂ ਲਈ ਪੰਥਕ ਏਕਤਾ ਸਮੇਂ ਦੀ ਲੋੜ ਬਣ ਚੁੱਕੀ ਹੈ ਲੇਕਿਨ ਅਕਾਲੀ ਦਲ ਬਾਦਲ ਦੇ ਪ੍ਰਧਾਨ ਪਿੱਛੇ ਹਟਣ ਨੂੰ ਤਿਆਰ ਨਹੀਂ। ਉਨ੍ਹਾਂ ਕੇਂਦਰ ਸਰਕਾਰ ਵੱਲੋਂ ਰਾਜ ਦੇ ਰੋਕੇ ਪੇਂਡੂ ਵਿਕਾਸ ਫੰਡ ਬਾਰੇ ਕਿਹਾ ਕਿ ਇਸ ਵਿਚ ਅਸੀਂ ਸੂਬੇ ਦੀ ਸਰਕਾਰ ਦੇ ਨਾਲ ਹਾਂ ਲੇਕਿਨ ਭਗਵੰਤ ਮਾਨ ਸਰਕਾਰ ਨੂੰ ਉਕਤ ਮਾਮਲੇ ਵਿੱਚ ਲੋੜੀਂਦੀਆਂ ਸ਼ਰਤਾਂ ਪੂਰੀਆਂ ਕਰਨੀਆਂ ਚਾਹੀਦੀਆਂ ਹਨ। ਇਸ ਮੌਕੇ ਪ੍ਰਿਤਪਾਲ ਸਿੰਘ ਹਾਂਡਾ, ਗੁਰਚਰਨ ਸਿੰਘ ਧਾਲੀਵਾਲ, ਸਤਗੁਰ ਸਿੰਘ ਨਮੋਲ, ਮਨਿੰਦਰ ਸਿੰਘ ਲਖਮੀਰਵਾਲਾ, ਮਾਸਟਰ ਦਲਜੀਤ ਸਿੰਘ,ਬਾਵਾ ਸਿੰਘ ਢਾਬੇਵਾਲਾ, ਤਰਸੇਮ ਸਿੰਘ ਘੁੱਗਾ ਸਮੇਤ ਹੋਰ ਆਗੂ ਹਾਜ਼ਰ ਸਨ।