ਕਿਸਾਨ ਇੱਕ ਵਾਰ ਫਿਰ ਵੱਡੇ ਅੰਦੋਲਨ ਦੀ ਤਿਆਰੀ ਵਿਚ
BolPunjabDe Buero
Chandigarh,11 Dec,(Bol Punjab De):- ਉੱਤਰੀ ਭਾਰਤ ਦੇ ਕਿਸਾਨ ਇੱਕ ਵਾਰ ਫਿਰ ਵੱਡੇ ਅੰਦੋਲਨ ਦੀ ਤਿਆਰੀ ਕਰ ਰਹੇ ਹਨ,ਉੱਤਰੀ ਭਾਰਤ ਦੀਆਂ 18 ਕਿਸਾਨ ਮਜ਼ਦੂਰ ਜਥੇਬੰਦੀਆਂ ਦੇ ਆਗੂਆਂ ਅਤੇ ਯੂਨਾਈਟਿਡ ਕਿਸਾਨ ਮੋਰਚਾ (United Farmers Front) (ਗ਼ੈਰ-ਸਿਆਸੀ) ਦੇ ਆਗੂਆਂ ਵਿਚਕਾਰ ਕਿਸਾਨ ਭਵਨ ਚੰਡੀਗੜ੍ਹ (Kisan Bhavan Chandigarh) ਵਿਖੇ ਮੀਟਿੰਗ ਹੋਈ,ਕਿਸਾਨ ਆਗੂਆਂ ਸਰਵਣ ਸਿੰਘ ਪੰਧੇਰ ਅਤੇ ਜਗਜੀਤ ਸਿੰਘ ਡੱਲੇਵਾਲ ਨੇ ਪੰਜਾਬ ਵਿਚ ਦੋ ਵੱਡੇ ਪ੍ਰਦਰਸ਼ਨਾਂ ਦਾ ਐਲਾਨ ਕੀਤਾ ਹੈ।
ਪੰਧੇਰ ਅਤੇ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਕੇਂਦਰ ਸਰਕਾਰ ਤੋਂ ਕਿਸਾਨਾਂ-ਮਜ਼ਦੂਰਾਂ ਦੀਆਂ ਹੱਕੀ ਮੰਗਾਂ ਪੂਰੀਆਂ ਕਰਵਾਉਣ ਲਈ ਭਾਰਤੀ ਪੱਧਰ ‘ਤੇ ਕਿਸਾਨ ਜਥੇਬੰਦੀਆਂ ਵੱਡੇ ਸੰਘਰਸ਼ ਦੀ ਤਿਆਰੀ ਕਰ ਰਹੀਆਂ ਹਨ,ਇਸੇ ਤਰ੍ਹਾਂ 2 ਜਨਵਰੀ ਨੂੰ ਅੰਮ੍ਰਿਤਸਰ, ਮਾਝੇ ਦੇ ਜੰਡਿਆਲਾ ਗੁਰੂ ਅਤੇ 6 ਜਨਵਰੀ ਨੂੰ ਬਰਨਾਲਾ,ਮਾਲਵੇ ਵਿਚ ਲੱਖਾਂ ਲੋਕ ਇਕੱਠੇ ਹੋ ਕੇ ਸਰਕਾਰ ਅੱਗੇ ਆਪਣੀਆਂ ਮੰਗਾਂ ਰੱਖਣਗੇ।
ਕਿਸਾਨ ਆਗੂਆਂ ਨੇ ਕਿਹਾ ਕਿ ਦੋਵਾਂ ਮੰਚਾਂ ਤੋਂ ਕੇਂਦਰ ਸਰਕਾਰ ਤੋਂ ਸਾਰੀਆਂ ਫ਼ਸਲਾਂ ਲਈ ਘੱਟੋ-ਘੱਟ ਸਮਰਥਨ ਮੁੱਲ ਗਾਰੰਟੀ ਕਾਨੂੰਨ ਬਣਾਉਣ ਅਤੇ ਡਾ: ਸਵਾਮੀਨਾਥਨ ਕਮਿਸ਼ਨ ਦੀਆਂ ਹਦਾਇਤਾਂ ਅਤੇ ਸੀ,2+50% ਫਾਰਮੂਲੇ ਅਨੁਸਾਰ ਸਾਰੀਆਂ ਫ਼ਸਲਾਂ ਦਾ ਭਾਅ ਦੇਣ ਦੀ ਮੰਗ ਕੀਤੀ ਜਾਵੇਗੀ। ਕਿਸਾਨਾਂ ਦਾ ਸਾਰਾ ਕਰਜ਼ਾ ਮੁਆਫ਼… ਇਸ ਤੋਂ ਇਲਾਵਾ ਲਖੀਮਪੁਰ ਖੇੜੀ ਕਤਲਕਾਂਡ ਨੂੰ ਇਨਸਾਫ਼ ਦਿਵਾਉਣਾ, ਅਜੈ ਮਿਸ਼ਰਾ ਨੂੰ ਮੰਤਰੀ ਮੰਡਲ ਵਿਚੋਂ ਬਰਖਾਸਤ ਕਰਨਾ ਅਤੇ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਰੱਦ ਕਰਨ ਵਰਗੀਆਂ ਪਿਛਲੀਆਂ ਦਿੱਲੀ ਅੰਦੋਲਨ ਦੀਆਂ ਅਧੂਰੀਆਂ ਮੰਗਾਂ ਹਨ, ਜੋ ਪੂਰੀਆਂ ਨਹੀਂ ਹੋਈਆਂ।
ਕਿਸਾਨਾਂ ਨੇ ਦਿੱਲੀ ਮੋਰਚੇ ਸਮੇਤ ਦੇਸ਼ ਭਰ ਵਿਚ ਅੰਦੋਲਨ ਦੌਰਾਨ ਕਿਸਾਨਾਂ ਖ਼ਿਲਾਫ਼ ਦਰਜ ਸਾਰੇ ਕੇਸ ਰੱਦ ਕਰਨ ਦੀ ਮੰਗ ਵੀ ਕੀਤੀ ਹੈ,ਉਨ੍ਹਾਂ ਕਿਹਾ ਕਿ ਖਪਤਕਾਰਾਂ ਨੂੰ ਭਰੋਸੇ ਵਿਚ ਲਏ ਬਿਨਾਂ ਬਿਜਲੀ ਖ਼ੇਤਰ ਦਾ ਨਿੱਜੀਕਰਨ ਕਰਨ ਲਈ ਬਿਜਲੀ ਸੋਧ ਬਿੱਲ ਲਾਗੂ ਨਾ ਕਰਨ ਬਾਰੇ ਵੀ ਸਹਿਮਤੀ ਬਣੀ ਸੀ ਪਰ ਇਨ੍ਹਾਂ ਮੁੱਦਿਆਂ ਵੱਲ ਧਿਆਨ ਨਹੀਂ ਦਿੱਤਾ ਗਿਆ,ਇਸ ਮੌਕੇ ਕਿਸਾਨ ਆਗੂ ਗੁਰਿੰਦਰ ਸਿੰਘ ਭੰਗੂ, ਦਲਜੀਤ ਸਿੰਘ ਜੀਤਾ ਫੱਤਾ, ਜਸਵਿੰਦਰ ਸਿੰਘ ਲੌਂਗੋਵਾਲ, ਮਨਜੀਤ ਸਿੰਘ ਨਿਆਲ, ਗੁਰਮੀਤ ਸਿੰਘ ਆਦਿ ਹਾਜ਼ਰ ਸਨ।