‘ਪ੍ਰਾਣ ਪ੍ਰਤਿਸ਼ਠਾ’ ਸਮਾਰੋਹ ਦੇ ਸੱਦੇ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਤੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੀਤਾ ਧੰਨਵਾਦ
Amritsar Sahib,21 Jan,(Bol Punjab De):- ਸ੍ਰੀ ਰਾਮ ਮੰਦਰ ਦੀ ਉਸਾਰੀ ਅਤੇ ਪ੍ਰਾਣ-ਪ੍ਰਤਿਸ਼ਠਾ ਮੌਕੇ ਸ੍ਰੀ ਰਾਮ ਜਨਮ ਭੂਮੀ ਤੀਰਥ ਟਰੱਸਟ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ (Shri Akal Takht Sahib Ji) ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਵੀ ਸੱਦਾ ਭੇਜਿਆ ਗਿਆ ਹੈ,ਇਸ ਦੇ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵਲੋਂ ਸ਼ੁਭਕਾਮਨਾਵਾਂ ਭੇਜੀਆਂ ਗਈਆਂ ਹਨ।
ਇਕ ਸਾਂਝਾ ਬਿਆਨ ਜਾਰੀ ਕਰਦਿਆਂ ਉਨ੍ਹਾਂ ਨੇ ਮਿਤੀ 22 ਜਨਵਰੀ 2024 ਨੂੰ ਅਯੁੱਧਿਆ ਵਿਚ ਹੋ ਰਹੇ ਸ੍ਰੀ ਰਾਮ ਜਨਮ ਭੂਮੀ ਦੇ ‘ਪ੍ਰਾਣ ਪ੍ਰਤਿਸ਼ਠਾ’ ਸਮਾਰੋਹ ਲਈ ਮਿਲੇ ਸੱਦਾ ਪੱਤਰ ਲਈ ਸ੍ਰੀ ਰਾਮ ਜਨਮ ਭੂਮੀ ਤੀਰਥ ਟਰੱਸਟ ਦਾ ਧੰਨਵਾਦ ਕਰਦਿਆਂ ਆਖਿਆ ਹੈ ਕਿ ਅਸੀਂ ਦਸ ਗੁਰੂ ਸਾਹਿਬਾਨ ਦੁਆਰਾ ਬਖਸ਼ਿਸ਼ ਕੀਤੀ ਇਲਾਹੀ ਗੁਰਬਾਣੀ ਦੇ ਨਿਆਰੇ ਅਤੇ ਨਿਰਾਲੇ ਗੁਰਮਤਿ ਫਲਸਫੇ ਦੇ ਪੈਰੋਕਾਰ ਹੋਣ ਦੇ ਨਾਤੇ, ਸਰਬ-ਸਾਂਝੀਵਾਲਤਾ ਅਤੇ ਅੰਤਰ-ਧਰਮ ਸਦਭਾਵਨਾ ਦੇ ਮੁੱਦਈ ਬਣਦਿਆਂ, ਹਰੇਕ ਧਰਮ ਦੀਆਂ ਮਾਨਤਾਵਾਂ ਦਾ ਸਤਿਕਾਰ ਕਰਦੇ ਹਾਂ।
ਉਨ੍ਹਾਂ ਕਿਹਾ ਕਿ ਹਰੇਕ ਧਰਮ ਦੇ ਲੋਕਾਂ ਦੇ ਹਿਰਦਿਆਂ ਵਿਚ ਅਪਣੇ ਪੈਗੰਬਰ/ ਅਵਤਾਰਾਂ ਦੇ ਪਾਵਨ ਚਰਨਛੋਹ ਪ੍ਰਾਪਤ ਅਸਥਾਨਾਂ ਦੀ ਵਿਸ਼ੇਸ਼ ਮਹਾਨਤਾ, ਅਜ਼ਮਤ ਅਤੇ ਆਸਥਾ ਹੁੰਦੀ ਹੈ,ਉਨ੍ਹਾਂ ਕਿਹਾ ਕਿ ਹਰੇਕ ਨੂੰ ਅਪਣੀ ਆਸਥਾ ਅਤੇ ਪਵਿੱਤਰ ਵਿਸ਼ਵਾਸ ਮੁਬਾਰਕ ਹਨ ਅਤੇ ਅਸੀਂ ਕਾਮਨਾ ਕਰਦੇ ਹਾਂ ਕਿ ਵਿਸ਼ਵ ਵਿਚ ਧਾਰਮਿਕ ਸੁਤੰਤਰਤਾ, ਭਾਈਚਾਰਕ ਸਦਭਾਵਨਾ, ਅਮਨ-ਸ਼ਾਂਤੀ ਅਤੇ ਸਰਬ-ਸਾਂਝੀਵਾਲਤਾ ਕਾਇਮ ਹੋਵੇ, ਜਿਸ ਦੇ ਨਾਲ ਹਰੇਕ ਮਨੁੱਖ ਸੁਤੰਤਰ, ਸੁਰੱਖਿਅਤ ਅਤੇ ਨਿਰਭੈਅ ਹੋ ਕੇ ਅਪਣੇ ਧਾਰਮਿਕ ਰਹਿਬਰਾਂ ਦੀ ਸਿਮਰਤੀ ਵਿਚ ਇਕ-ਮਿਕ ਹੁੰਦਿਆਂ ਪਵਿੱਤਰ ਵਿਸ਼ਵਾਸਾਂ ਦੀ ਪਾਲਣਾ ਕਰ ਸਕੇ।