ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ (ਪੰਜਾਬ) ਨੇ ਦੇਸ਼ ਵਿਆਪੀ ਹੜਤਾਲ ਮੌਕੇ ਫੂਕਿਆ ਕੇਂਦਰ ਤੇ ਸੂਬਾ ਸਰਕਾਰ ਦਾ ਪੁਤਲਾ
Bathinda, 16 February 2024,(Bol Punjab De):- ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ (ਪੰਜਾਬ) ਦੇ ਬੈਨਰ ਹੇਠ ’ਗੁਰੂ ਹਰਗੋਬਿੰਦ ਥਰਮਲ ਪਲਾਂਟ’ ਦੇ ਆਊਟਸੋਰਸਡ ਠੇਕਾ ਮੁਲਾਜ਼ਮਾਂ ਨੇ ’ਕੇਂਦਰੀ ਟਰੇਡ ਯੂਨੀਅਨਾਂ’ (‘Central Trade Unions’) ਦੇ ਦੇਸ਼ ਵਿਆਪੀ ਹੜਤਾਲ ਦੇ ਸੱਦੇ ਤੇ ਬਠਿੰਡਾ-ਜੀਰਕਪੁਰ ਨੈਸ਼ਨਲ ਹਾਈਵੇ (Bathinda-Jirakpur National Highway) 07 ਨੂੰ ਜਾਮ ਕਰਕੇ ਕੇਂਦਰ ਅਤੇ ਸੂਬਾ ਸਰਕਾਰ ਪੁਤਲਾ ਸਾੜਿਆ,ਇਸ ਮੌਕੇ ਆਗੂਆਂ ਨੇ ਮੁੱਖ ਮੰਤਰੀ ਪੰਜਾਬ ਵੱਲੋਂ ’ਮੋਰਚੇ’ ਦੀ ਸੂਬਾ ਕਮੇਟੀ ਨੂੰ 19 ਵਾਰ ਮੀਟਿੰਗਾਂ ਦਾ ਸਮਾਂ ਦੇਕੇ ਇੱਕ ਵੀ ਮੀਟਿੰਗ ਨਾ ਕਰਨ ਦੇ ਵਿਰੋਧ ਵਜੋਂ 27 ਫਰਵਰੀ ਨੂੰ ਪਰਿਵਾਰਾਂ ਸਮੇਤ ਕਿਸੇ ਇੱਕ ਨੈਸ਼ਨਲ ਹਾਈਵੇ ਨੂੰ ਮੁਕੰਮਲ ਜਾਮ ਕਰਨ ਦਾ ਐਲਾਨ ਵੀ ਕੀਤਾ।
ਮੋਰਚੇ ਦੇ ਸੂਬਾਈ ਆਗੂਆਂ ਜਗਰੂਪ ਸਿੰਘ ਲਹਿਰਾ,ਜਗਸੀਰ ਸਿੰਘ ਭੰਗੂ,ਬਾਦਲ ਸਿੰਘ ਭੁੱਲਰ ਅਤੇ ਬਲਜਿੰਦਰ ਸਿੰਘ ਮਾਨ ਨੇ ਕਿਹਾ ਕਿ ਕੇਂਦਰ ਅਤੇ ਸੂਬਾ ਸਰਕਾਰ ਵੱਲੋਂ ਵਿਸ਼ਵ ਵਪਾਰ ਸੰਸਥਾ,ਵਿਸ਼ਵ ਬੈਂਕ ਅਤੇ ਅੰਤਰਰਾਸ਼ਟਰੀ ਮੁਦਰਾ ਫੰਡ ਦੇ ਇਸ਼ਾਰਿਆਂ ਤੇ ਲੋਕਾਂ ਨੂੰ ਸਸਤੀਆਂ ਸਹੂਲਤਾਂ ਦੇਣ ਵਾਲੇ ਅਦਾਰਿਆਂ ਬਿਜਲੀ ,ਪਾਣੀ ,ਸਿਹਤ,ਸਿੱਖਿਆ ਅਤੇ ਟਰਾਂਸਪੋਰਟ ਸਮੇਤ ਹੋਰ ਸਮੂਹ ਸੇਵਾ ਦੇ ਅਦਾਰਿਆਂ ਦਾ ਨਿੱਜੀਕਰਨ ਅਤੇ ਪੰਚਾਇਤੀ ਕਰਨ ਕਰਕੇ ਲੋਕਾਂ ਤੋਂ ਸਸਤੀਆਂ ਸਹੂਲਤਾਂ ਅਤੇ ਰੁਜ਼ਗਾਰ ਦਾ ਹੱਕ ਖੋਹਿਆ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਕਿਰਤੀ ਲੋਕਾਂ ਵੱਲੋਂ ਹਜਾਰਾਂ ਜਾਨਾਂ ਕੁਰਬਾਨ ਕਰਕੇ ਪ੍ਰਾਪਤ ਕੀਤੇ ਹੱਕ ਅੱਠ ਘੰਟੇ ਦੀ ਕੰਮ ਦਿਹਾੜੀ ਨੂੰ ਬਾਰਾਂ ਘੰਟੇ ਦੀ ਕਰਕੇ ਕਿਰਤੀ ਲੋਕਾਂ ਨੂੰ ਇੱਕ ਵਾਰ ਬੰਧੂਆ ਮਜ਼ਦੂਰੀ ਵੱਲ ਧੱਕਿਆ ਜਾ ਰਿਹਾ ਹੈ ਅਤੇ ਯੂਨੀਅਨ ਬਣਾਉਣ ਦੇ ਹੱਕ ਵੀ ਖੋਹੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Chief Minister Bhagwant Singh Mann) ਨੇ ਵਿਧਾਨ ਸਭਾ ਵਿੱਚ ਕੰਪਨੀਆਂ ਵੱਲੋਂ ਕਿਰਤ ਦੀ ਕੀਤੀ ਜਾ ਰਹੀ ਅੰਨੀ-ਲੁੱਟ ਨੂੰ ਬੰਦ ਕਰਕੇ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿੱਚ ਪੱਕਾ ਕਰਨ ਦੇ ਐਲਾਨ ਮਗਰੋਂ ਵੀ ਵੱਖ-ਵੱਖ ਸਰਕਾਰੀ ਵਿਭਾਗਾਂ ਵਿੱਚ ਪਿਛਲੇ 15-20 ਸਾਲਾਂ ਦੇ ਲੰਬੇ ਅਰਸੇ ਤੋਂ ਲਗਾਤਾਰ ਨਿਗੁਣੀਆਂ ਤਨਖਾਹਾਂ ’ਤੇ ਤਨਦੇਹੀ ਨਾਲ ਸੇਵਾਵਾਂ ਦੇ ਰਹੇ ਠੇਕਾ ਮੁਲਾਜ਼ਮਾਂ ਨੂੰ ਠੇਕਾ ਪ੍ਰਣਾਲੀ ਦੀ ਚੱਕੀ ਵਿੱਚ ਪਿਸਣ ਲਈ ਮਜ਼ਬੂਰ ਕੀਤਾ ਹੋਇਆ ਹੈ।