ਸ੍ਰੀ ਅੰਮ੍ਰਿਤਸਰ ਸਾਹਿਬ ਜੀ ਵਿਖੇ ਜੂਨ 1984 ਦੇ ਘੱਲੂਘਾਰੇ ਸਮੇਂ ਗੋਲੀ ਲੱਗਣ ਨਾਲ ਜ਼ਖ਼ਮੀ ਹੋਏ ਪਾਵਨ ਸਰੂਪ ਨੂੰ ਸੰਗਤ ਦੇ ਦਰਸ਼ਨਾਂ ਲਈ ਕੀਤਾ ਸੁਸ਼ੋਭਿਤ-ਸ੍ਰੀ ਅਕਾਲ ਤਖ਼ਤ ਸਾਹਿਬ ਜੀ
Amritsar Sahib,26 May,2024,(Bol Punjab De):- ਸ੍ਰੀ ਅੰਮ੍ਰਿਤਸਰ ਸਾਹਿਬ ਜੀ ਵਿਖੇ ਜੂਨ 1984 ’ਚ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ (Sachkhand Shri Harmandir Sahib Ji) ’ਤੇ ਤਤਕਾਲੀ ਕਾਂਗਰਸ ਸਰਕਾਰ ਵੱਲੋਂ ਕੀਤੇ ਗਏ ਫ਼ੌਜੀ ਹਮਲੇ ਸਮੇਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਵਿਖੇ ਪ੍ਰਕਾਸ਼ਮਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ (Shri Guru Granth Sahib Ji) ਦੇ ਪਾਵਨ ਸਰੂਪ ਜੋ ਗੋਲੀ ਲੱਗਣ ਕਾਰਨ ਜ਼ਖ਼ਮੀ ਹੋਏ ਸਨ,ਦੇ ਸੰਗਤ ਨੂੰ ਦਰਸ਼ਨ ਕਰਵਾਉਣ ਲਈ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਨਜ਼ਦੀਕ ਗੁਰਦੁਆਰਾ ਸ਼ਹੀਦ ਗੰਜ ਬਾਬਾ ਗੁਰਬਖ਼ਸ਼ ਸਿੰਘ ਜੀ ਵਿਖੇ ਸੁਸ਼ੋਭਿਤ ਕੀਤੇ ਗਏ,ਸ਼੍ਰੋਮਣੀ ਕਮੇਟੀ ਵੱਲੋਂ ਬੀਤੇ ਸਾਲਾਂ ਤੋਂ ਘੱਲੂਘਾਰਾ ਹਫ਼ਤੇ ਦੌਰਾਨ ਇਸ ਪਾਵਨ ਸਰੂਪ ਦੇ ਸੰਗਤ ਨੂੰ ਦਰਸ਼ਨ ਕਰਵਾਏ ਜਾ ਰਹੇ ਹਨ, ਜਿਸ ਦੀ ਲਗਾਤਾਰਤਾ ਇਸ ਵਾਰ ਵੀ ਜਾਰੀ ਰੱਖੀ ਗਈ ਹੈ।
ਇਸ ਪਾਵਨ ਸਰੂਪ ਦੇ ਗੁਰਦੁਆਰਾ ਸ਼ਹੀਦ ਬਾਬਾ ਗੁਰਬਖ਼ਸ਼ ਸਿੰਘ ਜੀ (Gurdwara Shaheed Baba Gurbaksh Singh Ji) ਵਿਖੇ ਸੰਗਤਾਂ 6 ਜੂਨ ਤੱਕ ਰੋਜ਼ਾਨਾ ਸਵੇਰ ਤੋਂ ਸ਼ਾਮ ਤੱਕ ਦਰਸ਼ਨ ਕਰ ਸਕਣਗੀਆਂ,ਇਸ ਜ਼ਖ਼ਮੀ ਹੋਏ ਪਾਵਨ ਸਰੂਪ ਦੇ ਨਾਲ ਇਸ ਵਿਚ ਲੱਗੀ ਗੋਲੀ ਵੀ ਸੰਗਤ ਨੂੰ ਦਿਖਾਈ ਜਾ ਰਹੀ ਹੈ। ਇਸ ਦੇ ਨਾਲ ਹੀ ਹਮਲੇ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੀ ਨੁਕਸਾਨੀ ਇਮਾਰਤ ਦਾ ਮਾਡਲ ਵੀ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਸਾਹਮਣੇ ਸੁਸ਼ੋਭਿਤ ਕੀਤਾ ਗਿਆ ਹੈ,ਗੋਲੀ ਨਾਲ ਜ਼ਖ਼ਮੀ ਹੋਏ ਪਾਵਨ ਸਰੂਪ ਗੁਰਦੁਆਰਾ ਸਾਹਿਬ ਵਿਖੇ ਸੁਸ਼ੋਭਿਤ ਕਰਨ ਸਮੇਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਜੀਤ ਸਿੰਘ ਨੇ ਸੇਵਾ ਨਿਭਾਈ, ਜਦਕਿ ਇਸ ਬਾਰੇ ਸੰਗਤ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਜੀ (Shri Akal Takhat Sahib Ji) ਦੇ ਹੈੱਡ ਗ੍ਰੰਥੀ ਗਿਆਨੀ ਗੁਰਮੁੱਖ ਸਿੰਘ ਨੇ ਜਾਣਕਾਰੀ ਦਿੱਤੀ,ਗਿਆਨੀ ਗੁਰਮੁੱਖ ਸਿੰਘ ਨੇ ਸੰਗਤ ਨਾਲ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਇਹ ਜ਼ਖ਼ਮੀ ਪਾਵਨ ਸਰੂਪ ਸਿੱਖ ਕੌਮ ’ਤੇ ਹੋਏ ਜ਼ੁਲਮਾਂ ਦੀ ਮੂੰਹ ਬੋਲਦੀ ਤਸਵੀਰ ਹੈ,ਜਿਸ ਨੂੰ ਦੇਖ ਕੇ ਹਰ ਮਨੁੱਖ ਦਾ ਹਿਰਦਾ ਪੀੜਾ ਨਾਲ ਭਰ ਜਾਂਦਾ ਹੈ।