ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਠੂਆ ਅਤੇ ਡੋਡਾ ਵਿੱਚ ਹੋਏ ਘਿਨਾਉਣੇ ਅਤਿਵਾਦੀ ਹਮਲੇ ਦੀ ਕੀਤੀ ਨਿੰਦਾ
* ਦੇਸ਼ ਦੀ ਏਕਤਾ ਅਤੇ ਅਖੰਡਤਾ ‘ਤੇ ਕਿਸੇ ਵੀ ਹਮਲੇ ਦਾ ਮੂੰਹ-ਤੋੜ ਜਵਾਬ ਦਿੱਤਾ ਜਾਵੇ
Chandigarh,12 June,2024,(Bol Punjab De):- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Punjab Chief Minister Bhagwant Singh Mann) ਨੇ ਜੰਮੂ-ਕਸ਼ਮੀਰ ਦੇ ਕਠੂਆ ਅਤੇ ਡੋਡਾ ਜ਼ਿਲ੍ਹਿਆਂ ਵਿੱਚ ਹੋਏ ਅਤਿਵਾਦੀ ਹਮਲਿਆਂ ਦੀ ਨਿੰਦਾ ਕੀਤੀ ਹੈ, ਜਿਸ ਵਿੱਚ ਸੀ.ਆਰ.ਪੀ.ਐਫ. ਦਾ ਇਕ ਜਵਾਨ ਸ਼ਹੀਦ ਹੋ ਗਿਆ ਅਤੇ ਦੋ ਹੋਰ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ ਸਨ।
ਇਸ ਅਤਿਵਾਦੀ ਹਮਲੇ ਦੀ ਨਿੰਦਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਜਿਹੀਆਂ ਦੇਸ਼ ਵਿਰੋਧੀ ਗਤੀਵਿਧੀਆਂ ਦਾ ਮੂੰਹ ਤੋੜਵਾਂ ਜਵਾਬ ਦਿੱਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੀ ਏਕਤਾ ਅਤੇ ਅਖੰਡਤਾ ‘ਤੇ ਕੋਈ ਵੀ ਹਮਲਾ ਬਰਦਾਸ਼ਤਯੋਗ ਨਹੀਂ ਹੈ ਅਤੇ ਇਸ ਦਾ ਮੂੰਹ-ਤੋੜ ਜਵਾਬ ਦਿੱਤਾ ਜਾਣਾ ਚਾਹੀਦਾ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਜਿਹੇ ਕਿਸੇ ਵੀ ਹਮਲੇ ਨੂੰ ਨਾਕਾਮ ਕਰ ਕੇ ਅਤੇ ਆਪਣੀਆਂ ਸਰਹੱਦਾਂ ਦੀ ਰਾਖੀ ਕਰ ਕੇ ਦੇਸ਼ ਦੀ ਪ੍ਰਭੂਸੱਤਾ ਨੂੰ ਬਰਕਰਾਰ ਰੱਖਣਾ ਚਾਹੀਦਾ ਹੈ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਜਿਹੇ ਹਮਲਿਆਂ ਨਾਲ ਸਖ਼ਤੀ ਨਾਲ ਨਜਿੱਠਿਆ ਜਾਣਾ ਚਾਹੀਦਾ ਹੈ ਤਾਂ ਜੋ ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਕਿਸੇ ਵੀ ਤਰ੍ਹਾਂ ਦਾ ਖਤਰਾ ਖੜ੍ਹਾ ਨਾ ਹੋਵੇ। ਉਨ੍ਹਾਂ ਕਿਹਾ ਕਿ ਇਸ ਘਿਨਾਉਣੇ ਕਾਰੇ ਦੇ ਦੋਸ਼ੀਆਂ ਨੂੰ ਮਿਸਾਲੀ ਸਜ਼ਾ ਦਿੱਤੀ ਜਾਣੀ ਚਾਹੀਦੀ ਹੈ ਤਾਂ ਜੋ ਇਹ ਭਵਿੱਖ ਵਿੱਚ ਦੂਜਿਆਂ ਲਈ ਸਬਕ ਬਣ ਸਕੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਮੰਦਭਾਗਾ ਹੈ ਕਿ ਦੇਸ਼ ਦੀ ਏਕਤਾ, ਅਖੰਡਤਾ ਅਤੇ ਪ੍ਰਭੂਸੱਤਾ ਦੀ ਰਾਖੀ ਲਈ ਡਿਊਟੀ ਨਿਭਾਉਂਦੇ ਹੋਏ ਇਕ ਜਵਾਨ ਦੀ ਸ਼ਹਾਦਤ ਹੋਈ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਦੇਸ਼ ਲਈ ਅਤੇ ਖਾਸ ਕਰ ਕੇ ਪਰਿਵਾਰ ਲਈ ਨਾ ਪੂਰਾ ਹੋਣ ਵਾਲਾ ਘਾਟਾ ਹੈ। ਉਨ੍ਹਾਂ ਪੀੜਤ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਕਿਹਾ ਕਿ ਸ਼ਹੀਦ ਨੇ ਦੇਸ਼ ਦੀ ਏਕਤਾ ਦੀ ਰਾਖੀ ਲਈ ਆਪਣੀ ਡਿਊਟੀ ਬਹਾਦਰੀ ਨਾਲ ਨਿਭਾਈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਸ਼ਹੀਦ ਦੀ ਕੁਰਬਾਨੀ ਉਸ ਦੇ ਸਾਥੀ ਸੈਨਿਕਾਂ ਨੂੰ ਆਪਣੀ ਡਿਊਟੀ ਹੋਰ ਵੀ ਤਨਦੇਹੀ ਨਾਲ ਨਿਭਾਉਣ ਲਈ ਪ੍ਰੇਰਿਤ ਕਰੇਗੀ।