ਵਿੱਤ ਵਿਭਾਗ ਵੱਲੋਂ ਸਹਾਇਤਾ ਪ੍ਰਾਪਤ ਸੰਸਥਾਵਾਂ ਦੇ ਕਰਮਚਾਰੀਆਂ ‘ਤੇ ਛੇਵੇਂ ਤਨਖਾਹ ਕਮਿਸ਼ਨ ਨੂੰ ਲਾਗੂ ਕਰਨ ਲਈ ਮਨਜ਼ੂਰੀ: ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ
Chandigarh,20 June,2024,(Bol Punjab De):- ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ (Punjab Finance Minister Advocate Harpal Singh Cheema) ਨੇ ਅੱਜ ਇਥੇ ਦੱਸਿਆ ਕਿ ਵਿੱਤ ਵਿਭਾਗ (Department of Finance) ਨੇ ਸੂਬੇ ਦੀਆਂ ਸਹਾਇਤਾ ਪ੍ਰਾਪਤ ਸੰਸਥਾਵਾਂ ਦੇ ਕਰਮਚਾਰੀਆਂ ‘ਤੇ ਛੇਵੇਂ ਤਨਖਾਹ ਕਮਿਸ਼ਨ (Sixth Pay Commission) ਨੂੰ ਲਾਗੂ ਕਰਨ ਲਈ ਸਿਧਾਂਤਕ ਪ੍ਰਵਾਨਗੀ ਦੇ ਦਿੱਤੀ ਹੈ।
ਇਥੇ ਜਾਰੀ ਪ੍ਰੈਸ ਬਿਆਨ ਰਾਹੀਂ ਇਹ ਪ੍ਰਗਟਾਵਾ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ (Finance Minister Harpal Singh Cheema) ਨੇ ਕਿਹਾ ਕਿ ਇਸ ਫੈਸਲੇ ਨਾਲ ਸਕੂਲ ਸਿੱਖਿਆ ਵਿਭਾਗ, ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ (Department of Industrial Training) ਅਧੀਨ ਸਹਾਇਤਾ ਪ੍ਰਾਪਤ ਸਕੂਲਾਂ ਅਤੇ ਕਾਲਜਾਂ ਦੇ ਕਰਮਚਾਰੀਆਂ, ਉਚੇਰੀ ਸਿੱਖਿਆ ਵਿਭਾਗ (Department of Education) ਅਧੀਨ ਇਨ੍ਹਾਂ ਸੰਸਥਾਵਾਂ ਦੇ ਗੈਰ-ਅਧਿਆਪਨ ਅਮਲੇ ਨੂੰ, ਅਤੇ ਸਹਾਇਤਾ ਪ੍ਰਾਪਤ ਸਕੂਲਾਂ ਦੇ ਸੇਵਾਮੁਕਤ ਹੋਏ ਕਰਮਚਾਰੀਆਂ ਨੂੰ ਲਾਭ ਪਹੁੰਚੇਗਾ,ਉਨ੍ਹਾਂ ਕਿਹਾ ਕਿ ਸਬੰਧਤ ਪ੍ਰਸ਼ਾਸਨਿਕ ਵਿਭਾਗਾਂ ਨੂੰ ਸਹਾਇਤਾ ਪ੍ਰਾਪਤ ਸੰਸਥਾਵਾਂ ਦੇ ਇਨ੍ਹਾਂ ਕਰਮਚਾਰੀਆਂ ਅਤੇ ਸਹਾਇਤਾ ਪ੍ਰਾਪਤ ਸਕੂਲਾਂ ਦੇ ਸੇਵਾਮੁਕਤ ਵਿਅਕਤੀਆਂ ‘ਤੇ ਛੇਵੇਂ ਤਨਖਾਹ ਕਮਿਸ਼ਨ ਨੂੰ ਲਾਗੂ ਕਰਨ ਲਈ ਨੋਟੀਫਿਕੇਸ਼ਨ ਜਾਰੀ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।
ਪ੍ਰਸ਼ਾਸਕੀ ਵਿਭਾਗ ਘਾਟੇ ਦੇ ਵਿਸ਼ਲੇਸ਼ਣ ਦਾ ਸਹੀ ਮੁਲਾਂਕਣ ਕਰਨ ਲਈ ਸਾਰੇ ਸਹਾਇਤਾ ਪ੍ਰਾਪਤ ਸਕੂਲਾਂ ਅਤੇ ਕਾਲਜਾਂ ਦੇ ਪਿਛਲੇ ਤਿੰਨ ਸਾਲਾਂ ਦੇ ਵਿੱਤੀ ਅੰਕੜਿਆਂ ਦੀ ਪੜਚੋਲ ਕਰਨਗੇ ਅਤੇ ਵਿੱਤੀ ਲੋੜਾਂ ਸਮੇਤ ਵਿਸਤ੍ਰਿਤ ਪ੍ਰਸਤਾਵ ਭੇਜਣਗੇ। ਵਿੱਤ ਮੰਤਰੀ ਨੇ ਕਿਹਾ ਕਿ ਪ੍ਰਸ਼ਾਸਕੀ ਵਿਭਾਗਾਂ ਦੇ ਪ੍ਰਸਤਾਵ ‘ਤੇ ਵਿਚਾਰ ਕਰਨ ਤੋਂ ਬਾਅਦ ਵਿੱਤ ਵਿਭਾਗ ਇਨ੍ਹਾਂ ਸੰਸਥਾਵਾਂ ਨੂੰ ਵਿੱਤੀ ਮਨਜ਼ੂਰੀ ਦੇਵੇਗਾ।
ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Chief Minister Bhagwant Singh Mann) ਦੀ ਅਗਵਾਈ ਵਾਲੀ ਪੰਜਾਬ ਸਰਕਾਰ (Punjab Govt) ਵੱਲੋਂ ਸੂਬੇ ਵਿੱਚ ਸਿੱਖਿਆ ਦੇ ਸੁਧਾਰ ਲਈ ਵਚਨਬੱਧਤਾ ’ਤੇ ਜ਼ੋਰ ਦਿੰਦਿਆਂ ਕਿਹਾ, “ਅਸੀਂ ਪਿਛਲੇ ਦੋ ਸਾਲਾਂ ਵਿੱਚ ਸੂਬੇ ਅੰਦਰ ਸਿੱਖਿਆ ਵਿੱਚ ਇੱਕ ਕ੍ਰਾਂਤੀ ਦੇਖੀ ਹੈ, ਅਤੇ ਅਸੀਂ ਆਉਣ ਵਾਲੀਆਂ ਪੀੜ੍ਹੀਆਂ ਲਈ ਮਿਆਰੀ ਸਿੱਖਿਆ ਨੂੰ ਯਕੀਨੀ ਬਣਾਉਣ ਲਈ ਕਦਮ ਚੁੱਕਦੇ ਰਹਾਂਗੇ,” ਉਨ੍ਹਾਂ ਕਿਹਾ ਕਿ ਸਿੱਖਿਆ ਖੇਤਰ ਦੇ ਵਿਕਾਸ ਲਈ ਲੋੜੀਂਦੇ ਫੰਡਾਂ ਵਿੱਚ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ।