ਹੁਣ ਦਸਤਾਵੇਜ਼ ਤਸਦੀਕ ਕਰਵਾਉਣ ਲਈ ਪਟਵਾਰੀ ਦੇ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ-ਕੈਬਨਿਟ ਮੰਤਰੀ ਪੰਜਾਬ ਲਾਲਜੀਤ ਸਿੰਘ ਭੁੱਲਰ
Chandigarh,08 July,2024,(Bol Punjab De):- ਪੰਜਾਬ ਸਰਕਾਰ (Punjab Govt) ਦੀ ਵਚਨਬੱਧਤਾ ਅਨੁਸਾਰ ਸਰਕਾਰ ਵੱਲੋਂ ਨਾਗਰਿਕਾਂ ਨੂੰ ਦਿੱਤੀਆਂ ਜਾਂਦੀਆਂ ਸੇਵਾਵਾਂ ਨੂੰ ਨਿਰਵਿਘਨ ਅਤੇ ਹੋਰ ਸੁਖਾਲਾ ਬਣਾਉਣ ਦੇ ਉਦੇਸ਼ ਨਾਲ ਇੱਕ ਅਹਿਮ ਕਦਮ ਚੁੱਕਦਿਆਂ ਸੂਬੇ ਦੇ ਪ੍ਰਸ਼ਾਸਨਿਕ ਸੁਧਾਰ ਵਿਭਾਗ ਨੇ ਈ-ਗਵਰਨੈਂਸ ਪ੍ਰਣਾਲੀ ਵਿੱਚ ਪਟਵਾਰੀਆਂ ਨੂੰ ਸ਼ਾਮਲ ਕੀਤਾ ਹੈ,ਜਿਸ ਨਾਲ ਹੁਣ ਦਸਤਾਵੇਜ਼ ਵੈਰੀਫਿਕੇਸ਼ਨ (Document Verification) ਸਬੰਧੀ ਜ਼ਿਆਦਾਤਰ ਸੇਵਾਵਾਂ ਦਾ ਲਾਭ ਲੋਕ ਘਰ ਬੈਠੇ ਲੈ ਸਕਣਗੇ,ਇਹ ਕਦਮ ਜਾਤੀ, ਰਿਹਾਇਸ਼, ਬੁਢਾਪਾ ਪੈਨਸ਼ਨ ਸਕੀਮ ਅਤੇ ਆਮਦਨ ਸਰਟੀਫ਼ਿਕੇਟ ਸਮੇਤ ਹੋਰ ਕਈ ਸਰਟੀਫ਼ਿਕੇਟਾਂ ਲਈ ਤਸਦੀਕ ਪ੍ਰਕਿਰਿਆ ਨੂੰ ਹੋਰ ਸੁਖਾਲਾ ਤੇ ਸੁਚਾਰੂ ਬਣਾਏਗਾ।
ਇਸ ਸਬੰਧੀ ਕੈਬਨਿਟ ਮੰਤਰੀ ਪੰਜਾਬ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਪਟਵਾਰੀਆਂ ਨੂੰ ਆੱਨਲਾਈਨ ਸਿਸਟਮ (Online System) ਵਿੱਚ ਸ਼ਾਮਲ ਕਰਨ ਨਾਲ ਬਿਨੈਕਾਰਾਂ ਨੂੰ ਹੁਣ ਆਪਣੀ ਵੈਰੀਫਿਕੇਸ਼ਨ ਰਿਪੋਰਟਾਂ (Verification Reports) ‘ਤੇ ਮੋਹਰ ਅਤੇ ਦਸਤਖ਼ਤ ਕਰਵਾਉਣ ਲਈ ਪਟਵਾਰੀ ਦੇ ਦਫ਼ਤਰ ਵਿੱਚ ਜਾਣ ਦੀ ਲੋੜ ਨਹੀਂ ਪਵੇਗੀ। ਉਨ੍ਹਾਂ ਦੱਸਿਆ ਕਿ ਇੱਕ ਵਾਰ ਬਿਨੈ-ਪੱਤਰ ਜਮ੍ਹਾਂ ਕਰਵਾਉਣ ‘ਤੇ ਉਸ ਅਰਜ਼ੀ ਨੂੰ ਸਬੰਧਤ ਦਫ਼ਤਰ ਦੁਆਰਾ ਸਬੰਧਤ ਪਟਵਾਰੀ ਨੂੰ ਆੱਨਲਾਈਨ ਭੇਜਿਆ ਜਾਵੇਗਾ।
ਕੈਬਨਿਟ ਮੰਤਰੀ ਪੰਜਾਬ ਲਾਲਜੀਤ ਸਿੰਘ ਭੁੱਲਰ (Cabinet Minister Punjab Laljit Singh Bhullar) ਨੇ ਦੱਸਿਆ ਕਿ ਇਹ ਆਨਲਾਈਨ ਵੈਰੀਫਿਕੇਸ਼ਨ ਸਿਸਟਮ ਬੇਲੋੜੀ ਕਾਗਜ਼ੀ ਕਾਰਵਾਈ ਨੂੰ ਖ਼ਤਮ ਕਰਨ ਅਤੇ ਲੋੜੀਂਦੇ ਦਸਤਾਵੇਜ਼ਾਂ ਦੀ ਪ੍ਰਕਿਰਿਆ ਨੂੰ ਤੇਜ਼ ਕਰਨ ਤੋਂ ਇਲਾਵਾ ਬਿਨੈਕਾਰਾਂ `ਤੇ ਬੋਝ ਨੂੰ ਘਟਾਉਣ ਲਈ ਤਿਆਰ ਕੀਤਾ ਗਿਆ ਹੈ,ਡਿਜ਼ੀਟਲ ਤਕਨਾਲੋਜੀ ਨਾਲ ਪੰਜਾਬ ਸਰਕਾਰ ਆਪਣੇ ਨਾਗਰਿਕਾਂ ਨੂੰ ਵਧੇਰੇ ਕੁਸ਼ਲ, ਪਾਰਦਰਸ਼ੀ ਅਤੇ ਉਪਭੋਗਤਾ-ਅਨੁਕੂਲ ਸੇਵਾਵਾਂ ਪ੍ਰਦਾਨ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ,ਉਨ੍ਹਾਂ ਕਿਹਾ ਕਿ ਬਿਨੈਕਾਰ ਹੁਣ ਲੋੜੀਂਦੇ ਸਰਟੀਫ਼ਿਕੇਟ ਪ੍ਰਾਪਤ ਕਰਨ ਲਈ ਆਪਣੀ ਵੈਰੀਫਿਕੇਸ਼ਨ ਆਨਲਾਈਨ ਕਰਵਾ ਸਕਦੇ ਹਨ ਅਤੇ ਇਹ ਪਹਿਲਕਦਮੀ ਸਰਕਾਰੀ ਸੇਵਾਵਾਂ ਦੀ ਡਿਜ਼ੀਟਾਈਜ਼ੇਸ਼ਨ ਅਤੇ ਨਾਗਰਿਕਾਂ ਦੇ ਅਨੁਭਵਾਂ ਨੂੰ ਹੋਰ ਬਿਹਤਰ ਬਣਾਉਣ ਦੀ ਦਿਸ਼ਾ ਵਿੱਚ ਬੇਹੱਦ ਅਹਿਮ ਕਦਮ ਹੈ।