ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਮੰਤਰੀ ਸ਼ਿਵਰਾਜ ਚੌਹਾਨ ਨਾਲ ਕੀਤੀ ਮੁਲਾਕਾਤ,ਕਿਸਾਨ ਜੱਥੇਬੰਦੀਆ ਵੱਲੋਂ ਦਿੱਤਾ ਮੰਗ ਪੱਤਰ ਸੌਂਪਿਆ
New Delhi,27,2024,(Bol Punjab De):- ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ (Rajya Sabha member Sant Balbir Singh Seechewal) ਨੇ ਪੰਜਾਬ ਦੀਆਂ ਵੱਖ-ਵੱਖ ਕਿਸਾਨ ਜਥੇਬੰਦੀਆਂ ਵੱਲੋਂ ਦਿੱਤੇ ਮੰਗ ਪੱਤਰ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ (Minister Shivraj Singh Chauhan) ਨੂੰ ਸੌਂਪੇ,ਉਨ੍ਹਾਂ ਨੇ ਸੰਸਦ ਵਿੱਚ ਚੱਲ ਰਹੇ ਮਾਨਸੂਨ ਸੈਸ਼ਨ ਦੌਰਾਨ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨਾਲ ਮੁਲਾਕਾਤ ਕੀਤੀ,ਇਸ ਮੀਟਿੰਗ ਦੌਰਾਨ ਸੰਤ ਸੀਚੇਵਾਲ ਨੇ ਕਿਸਾਨਾਂ ਦੀਆਂ ਮੰਗਾਂ ਮੰਨਣ ਦੀ ਅਪੀਲ ਕੀਤੀ ਹੈ।
ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਕਿਹਾ ਕਿ ਕਿਸਾਨ ਤੇ ਮਜ਼ਦੂਰ ਜਥੇਬੰਦੀਆਂ ਆਪਣੀਆਂ ਮੰਗਾਂ ਨੂੰ ਲੈ ਕੇ ਲਗਾਤਾਰ ਸੰਘਰਸ਼ ਕਰ ਰਹੀਆਂ ਹਨ। ਵੱਖ-ਵੱਖ ਕਿਸਾਨ ਜਥੇਬੰਦੀਆਂ ਵੱਲੋਂ ਆਪਣੇ ਮੰਗ ਪੱਤਰ ਵਿੱਚ ਦਿੱਤੀਆਂ ਗਈਆਂ ਮੰਗਾਂ ਜਾਇਜ਼ ਹਨ ਅਤੇ ਪੰਜਾਬ ਅਤੇ ਦੇਸ਼ ਦੇ ਹਿੱਤ ਵਿੱਚ ਹਨ। ਉਨ੍ਹਾਂ ਆਪਣੇ ਪੱਤਰ ਵਿੱਚ ਕਿਹਾ ਕਿ ਡੇਢ ਸਾਲ ਤੋਂ ਚੱਲੇ ਕਿਸਾਨ ਅੰਦੋਲਨ ਦੌਰਾਨ ਵੀ ਕੇਂਦਰ ਸਰਕਾਰ ਵੱਲੋਂ ਮੰਨੀਆਂ ਗਈਆਂ ਕਿਸਾਨਾਂ ਦੀਆਂ ਮੰਗਾਂ ਨੂੰ ਅਜੇ ਤੱਕ ਲਾਗੂ ਨਹੀਂ ਕੀਤਾ ਗਿਆ। ਜਿਸ ਕਾਰਨ ਕਿਸਾਨ ਤੇ ਮਜ਼ਦੂਰ ਮੁੜ ਸੰਘਰਸ਼ ਦੇ ਰਾਹ ਪੈ ਗਏ ਹਨ।
ਉਨ੍ਹਾਂ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੂੰ ਅਪੀਲ ਕੀਤੀ ਕਿ ਕਿਸਾਨਾਂ-ਮਜ਼ਦੂਰਾਂ ਨੂੰ ਸੜਕਾਂ ‘ਤੇ ਨਾ ਰੋਕਿਆ ਜਾਵੇ, ਸਗੋਂ ਉਨ੍ਹਾਂ ਲਈ ਖੇਤਾਂ ‘ਚ ਕੰਮ ਕਰਨ ਦਾ ਮਾਹੌਲ ਬਣਾਇਆ ਜਾਵੇ, ਤਾਂ ਜੋ ਉਹ ਅਨਾਜ ਉਤਪਾਦਨ ‘ਤੇ ਧਿਆਨ ਦੇ ਸਕਣ। ਖੇਤਾਂ ਵਿੱਚ ਕੰਮ ਕਰਨ ਵਾਲੇ ਕਿਸਾਨਾਂ ਅਤੇ ਮਜ਼ਦੂਰਾਂ ਦੇ ਆਪਸੀ ਰਿਸ਼ਤੇ ਇਸ ਦੇਸ਼ ਦੀ ਤਰੱਕੀ ਵਿੱਚ ਬਹੁਤ ਵੱਡਾ ਯੋਗਦਾਨ ਪਾਉਂਦੇ ਹਨ, ਕਿਉਂਕਿ ਭਾਰਤ ਇੱਕ ਖੇਤੀ ਪ੍ਰਧਾਨ ਦੇਸ਼ ਹੈ, ਇਸ ਦੀ ਆਬਾਦੀ ਦਾ ਵੱਡਾ ਹਿੱਸਾ ਖੇਤੀ ‘ਤੇ ਨਿਰਭਰ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਅਤੇ ਦੇਸ਼ ਦੇ ਕਿਸਾਨ ਅਤੇ ਮਜ਼ਦੂਰ ਬਹੁਤ ਹੀ ਮਿਹਨਤੀ ਹਨ। ਉਹ ਆਪਣੇ ਖੇਤਾਂ ਵਿੱਚ ਸਖ਼ਤ ਮਿਹਨਤ ਕਰ ਰਹੇ ਹਨ ਪਰ ਫਿਰ ਵੀ ਉਨ੍ਹਾਂ ਦੀ ਮਿਹਨਤ ਦਾ ਉਚਿਤ ਮੁੱਲ ਨਹੀਂ ਮਿਲ ਰਿਹਾ। ਕਿਉਂਕਿ ਉਨ੍ਹਾਂ ਨੂੰ ਉਨ੍ਹਾਂ ਦੀਆਂ ਫ਼ਸਲਾਂ ਦਾ ਲਾਹੇਵੰਦ ਭਾਅ ਨਹੀਂ ਦਿੱਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਖੇਤੀਬਾੜੀ ਮੰਤਰੀ ਨੇ ਭਰੋਸਾ ਦਿੱਤਾ ਹੈ ਕਿ ਕੇਂਦਰ ਸਰਕਾਰ ਕਿਸਾਨਾਂ ਦੀਆਂ ਮੰਗਾਂ ‘ਤੇ ਹਮਦਰਦੀ ਨਾਲ ਵਿਚਾਰ ਕਰੇਗੀ ਅਤੇ ਇਨ੍ਹਾਂ ਮੰਗਾਂ ਨੂੰ ਹੱਲ ਕਰਨ ਵੱਲ ਵਧੇਗੀ। ਮੰਗ ਪੱਤਰ ਸੌਂਪਣ ਵਾਲੀਆਂ ਜਥੇਬੰਦੀਆਂ ਵਿੱਚ ਕਿਸਾਨ ਯੂਨੀਅਨ ਪੰਜਾਬ, ਯੂਨਾਈਟਿਡ ਕਿਸਾਨ ਮੋਰਚਾ ਸੁਲਤਾਨਪੁਰ ਲੋਧੀ ਕਪੂਰਥਲਾ ਸਮੇਤ ਹੋਰ ਜਥੇਬੰਦੀਆਂ ਸ਼ਾਮਲ ਸਨ।