ਨਵ-ਨਿਯੁਕਤ ਮੁਲਾਜ਼ਮ ਨੇ ਨੌਕਰੀ ਲਈ ਸ਼ੁਕਰਾਨੇ ਵਜੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਬੰਨ੍ਹੀ ਰੱਖੜੀ
Barnala, 17 August,2024,(Bol Punjab De):- ਰੱਖੜੀ ਦੇ ਤਿਉਹਾਰ ਮੌਕੇ ਰਾਜ ਪੱਧਰੀ ਸਮਾਗਮ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Chief Minister Bhagwant Singh Mann) ਨੇ ਕਿਹਾ ਕਿ ਸੂਬਾ ਸਰਕਾਰ ਨੇ ਹੁਣ ਤੱਕ 44700 ਨੌਜਵਾਨਾਂ ਨੂੰ ਵੱਖ-ਵੱਖ ਵਿਭਾਗਾਂ ਵਿੱਚ ਸਰਕਾਰੀ ਨੌਕਰੀਆਂ ਦਿੱਤੀਆਂ ਹਨ,ਇਸ ਮੌਕੇ ਨਵ-ਨਿਯੁਕਤ ਸੁਪਰਵਾਈਜ਼ਰ ਨਵਦੀਪ ਕੌਰ ਨੇ ਸਰਕਾਰੀ ਨੌਕਰੀ ਦੇਣ ਮੌਕੇ ਪਾਰਦਰਸ਼ੀ ਪ੍ਰਕਿਰਿਆ ਅਪਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਇਸ ਨੌਕਰੀ ਨਾਲ ਉਸ ਦਾ ਅਤੇ ਮਾਪਿਆਂ ਦਾ ਸੁਪਨਾ ਸਾਕਾਰ ਹੋਇਆ ਹੈ। ਨਵਦੀਪ ਕੌਰ ਨੇ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਦੇ ਮੌਜੂਦਾ ਸ਼ਾਸਨ ਦੌਰਾਨ ਉਸ ਨੂੰ ਹੀ ਨਹੀਂ ਸਗੋਂ ਉਸ ਦੇ ਭਰਾ ਨੂੰ ਵੀ ਸਰਕਾਰੀ ਨੌਕਰੀ ਮਿਲੀ ਹੈ। ਰੱਖੜੀ ਦੇ ਤਿਉਹਾਰ ਮੌਕੇ ਨਵਦੀਪ ਕੌਰ ਨੇ ਧੰਨਵਾਦ ਵਜੋਂ ਮੁੱਖ ਮੰਤਰੀ ਅਤੇ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਦੇ ਰੱਖੜੀ ਵੀ ਬੰਨ੍ਹੀ।
ਇਸ ਮੌਕੇ ਸਮਾਜਿਕ ਸੁਰੱਖਿਆ, ਮਹਿਲਾ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ, ਸੰਗਰੂਰ ਤੋਂ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਤੋਂ ਇਲਾਵਾ ਵੱਖ-ਵੱਖ ਸ਼ਖਸੀਅਤਾਂ ਹਾਜ਼ਰ ਸਨ।ਰੱਖੜੀ ਦੇ ਪਵਿੱਤਰ ਤਿਉਹਾਰ ਦੀ ਦੇਸ਼-ਵਿਦੇਸ਼ ਵਿੱਚ ਵਸਦੇ ਪੰਜਾਬੀਆਂ ਨੂੰ ਦਿਲ ਦੀਆਂ ਗਹਿਰਾਈਆਂ ਤੋਂ ਵਧਾਈ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਤਿਉਹਾਰ ਭੈਣ-ਭਰਾ ਦੀ ਗੂੜੀ ਮੁਹੱਬਤ, ਆਪਸੀ ਸਾਂਝ ਅਤੇ ਭੈਣਾਂ ਦੀ ਰਾਖੀ ਕਰਨ ਦੇ ਵਚਨ ਦਾ ਪਵਿੱਤਰ ਤਿਉਹਾਰ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਹ ਤਿਉਹਾਰ ਸਾਡੇ ਸਾਰਿਆਂ ਲਈ ਪਿਆਰ, ਸ਼ਾਂਤੀ ਅਤੇ ਸਦਭਾਵਨਾ ਦੀਆਂ ਰਵਾਇਤੀ ਸਮਾਜਿਕ ਕਦਰਾਂ-ਕੀਮਤਾਂ ਵਾਲਾ ਖੁਸ਼ੀਆਂ ਭਰਿਆ ਮੌਕਾ ਹੈ ਜੋ ਸਾਨੂੰ ਬਿਹਤਰ ਮਨੁੱਖ ਬਣਾਉਂਦਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਰੱਖੜੀ ਦਾ ਤਿਉਹਾਰ ਪੂਰੇ ਧੂਮ-ਧਾਮ ਨਾਲ ਮਨਾਉਣ ਦਾ ਸੱਦਾ ਦਿੰਦਿਆਂ ਕਾਮਨਾ ਕੀਤੀ ਕਿ ਇਹ ਤਿਉਹਾਰ ਸਮਾਜ ਵਿੱਚ ਆਪਸੀ ਪਿਆਰ ਅਤੇ ਸਦਭਾਵਨਾ ਲੈ ਕੇ ਆਵੇ।