ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਰਾਂਸਪੋਰਟ ਵਿਭਾਗ ਦੇ ਅਧਿਕਾਰੀਆਂ ਨੂੰ ਸਕੀਮ ਦਾ ਖ਼ਾਕਾ ਤਿਆਰ ਕਰਨ ਦੇ ਦਿੱਤੇ ਨਿਰਦੇਸ਼
ਇਸ ਨਾਲ ਪੜ੍ਹੇ-ਲਿਖੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਦਾ ਮੌਕਾ ਮਿਲੇਗਾ ਅਤੇ ਉਹ ਪਰਮਿਟ ਲੈ ਕੇ ਬੱਸ ਸੇਵਾ ਦੀ ਸ਼ੁਰੂਆਤ ਕਰ ਸਕਣਗੇ
BolPunjabDe Buero
ਪੰਜਾਬ ਦੇ ਪੇਂਡੂ ਖੇਤਰ ਲਈ ਮਿੰਨੀ ਬੱਸ ਸੇਵਾ ਮੁੜ ਸ਼ੁਰੂ ਕਰਨ ਦੇ ਉਦੇਸ਼ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Punjab Chief Minister Bhagwant Mann) ਨੇ ਟਰਾਂਸਪੋਰਟ ਵਿਭਾਗ ਦੇ ਅਧਿਕਾਰੀਆਂ ਨੂੰ ਅੱਜ ਇਸ ਸਬੰਧੀ ਸਕੀਮ ਦਾ ਖ਼ਾਕਾ ਤਿਆਰ ਕਰਨ ਅਤੇ ਸਰਵੇਖਣ ਕਰਨ ਦਾ ਨਿਰਦੇਸ਼ ਦਿੱਤਾ।ਮਿੰਨੀ ਬੱਸ ਸੇਵਾ (Mini Bus Service) ਨੂੰ ਆਮ ਲੋਕਾਂ ਲਈ ਵਰਦਾਨ ਦੱਸਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਹ ਸਕੀਮ ਜਿੱਥੇ ਆਵਾਜਾਈ ਸਹੂਲਤਾਂ ਨੂੰ ਸੁਚਾਰੂ ਕਰਨ ਵਿੱਚ ਸਹਾਈ ਸਾਬਤ ਹੋਵੇਗੀ।
ਉਥੇ ਇਸ ਨਾਲ ਪੜ੍ਹੇ-ਲਿਖੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਦਾ ਮੌਕਾ ਮਿਲੇਗਾ ਅਤੇ ਉਹ ਪਰਮਿਟ ਲੈ ਕੇ ਬੱਸ ਸੇਵਾ ਦੀ ਸ਼ੁਰੂਆਤ ਕਰ ਸਕਣਗੇ। ਇੱਥੇ ਮੁੱਖ ਮੰਤਰੀ ਦਫ਼ਤਰ ਵਿਖੇ ਟਰਾਂਸਪੋਰਟ ਵਿਭਾਗ (Department of Transport) ਦੇ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਪੇਂਡੂ ਖ਼ੇਤਰ ਵਿੱਚ ਮਿੰਨੀ ਬੱਸ ਸੇਵਾ ਮੁੜ ਸ਼ੁਰੂ ਕਰਨ ਦੀ ਯੋਜਨਾ ਬਣਾਈ ਹੈ।ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਬਹੁ-ਗਿਣਤੀ ਸ਼ਰਧਾਲੂ ਆਉਂਦੇ ਹਨ ਅਤੇ ਆਵਾਜਾਈ ਦਾ ਪੁਖ਼ਤਾ ਪ੍ਰਬੰਧ ਨਾ ਹੋਣ ਕਾਰਨ ਉਨ੍ਹਾਂ ਨੂੰ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ।