NationalPunjab

ਅੱਜ ਪ੍ਰਕਾਸ਼ ਪੁਰਬ ’ਤੇ ਵਿਸ਼ੇਸ਼ : ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵਿਸ਼ਵ ਦੇ ਧਾਰਮਿਕ ਇਤਿਹਾਸ ਅੰਦਰ ਉਹ ਰਹਿਬਰ ਹਨ,ਜਿਨ੍ਹਾਂ ਦਾ ਜੀਵਨ ਅਤੇ ਸ਼ਖ਼ਸੀਅਤ ਮਾਨਵਤਾ ਲਈ ਚਾਨਣ ਮੁਨਾਰਾ ਹੈ

BolPunjabDe Buero

Bol Punjab De:- ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ (Tenth Patshah Shri Guru Gobind Singh Ji) ਵਿਸ਼ਵ ਦੇ ਧਾਰਮਿਕ ਇਤਿਹਾਸ ਅੰਦਰ ਉਹ ਰਹਿਬਰ ਹਨ, ਜਿਨ੍ਹਾਂ ਦਾ ਜੀਵਨ ਅਤੇ ਸ਼ਖ਼ਸੀਅਤ ਮਾਨਵਤਾ ਲਈ ਚਾਨਣ ਮੁਨਾਰਾ ਹੈ। ਗੁਰੂ ਸਾਹਿਬ ਜੀ ਨੇ ਆਪਣਾ ਸਰਬੰਸ ਧਰਮ ਤੇ ਮਨੁਖੀ ਕਦਰਾਂ-ਕੀ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵਿਸ਼ਵ ਦੇ ਧਾਰਮਿਕ ਇਤਿਹਾਸ ਅੰਦਰ ਉਹ ਰਹਿਬਰ ਹਨ, ਜਿਨ੍ਹਾਂ ਦਾ ਜੀਵਨ ਅਤੇ ਸ਼ਖ਼ਸੀਅਤ ਮਾਨਵਤਾ ਲਈ ਚਾਨਣ ਮੁਨਾਰਾ ਹੈ। ਗੁਰੂ ਸਾਹਿਬ ਜੀ ਨੇ ਆਪਣਾ ਸਰਬੰਸ ਧਰਮ ਤੇ ਮਨੁਖੀ ਕਦਰਾਂ-ਕੀਮਤਾਂ ਦੀ ਮਜ਼ਬੂਤੀ ਅਤੇ ਜ਼ੁਲਮ ਦੇ ਖ਼ਾਤਮੇ ਲਈ ਕੁਰਬਾਨ ਕੀਤਾ। ਇਹ ਕੋਈ ਛੋਟੀ ਗਲ ਨਹੀਂ ਹੈ ਕਿ ਗੁਰੂ ਸਾਹਿਬ ਨੇ ਆਪਣਾ ਸਾਰਾ ਪਰਿਵਾਰ ਵਾਰ ਕੇ ਵੀ ਕੋਈ ਗਿਲਾ ਨਹੀਂ, ਸਗੋਂ ਕਰਤਾ ਪੁਰਖ ਦਾ ਸ਼ੁਕਰਾਨਾ ਹੀ ਕੀਤਾ।

ਦਸਮੇਸ਼ ਪਿਤਾ ਜੀ ਦਾ ਸਾਰਾ ਜੀਵਨ ਹੀ ਸਮੁਚੀ ਮਾਨਵਤਾ ਭਾਵ ਹਰ ਧਰਮ, ਹਰ ਵਰਗ, ਹਰ ਫਿਰਕੇ ਲਈ ਇਕਸਾਰ ਸੀ। ਆਪ ਦੀ ਕ੍ਰਾਂਤੀਕਾਰੀ ਸ਼ਖ਼ਸੀਅਤ ਨੂੰ ਇਤਿਹਾਸਕਾਰਾਂ ਨੇ ਆਪੋ-ਆਪਣੀ ਸਮਝ ਅਨੁਸਾਰ ਬਿਆਨ ਕੀਤਾ ਹੈ ਪਰ ਉਨ੍ਹਾਂ ਦੀ ਸ਼ਖ਼ਸੀਅਤ ਦੀ ਸੰਪੂਰਨ ਵਿਆਖਿਆ ਕਰਨੀ ਮਨੁਖੀ ਸਮਝ ਤੋਂ ਪਰ੍ਹੇ ਹੈ। ਅਸੀਂ ਗੁਰੂ ਸਾਹਿਬ ਜੀ ਦੇ ਜੀਵਨ ਦਰਸ਼ਨ ਦੇ ਆਧਾਰ ‘ਤੇ ਉਨ੍ਹਾਂ ਦੀ ਸ਼ਖ਼ਸੀਅਤ ਨੂੰ ਸ਼ਬਦਾਂ ਵਿਚ ਬਿਆਨ ਤਾਂ ਕਰਦੇ ਹਾਂ ਪਰ ਸਾਡੇ ਸ਼ਬਦ ਸੀਮਤ ਹਨ ਅਤੇ ਗੁਰੂ ਸਾਹਿਬ ਦੀ ਸ਼ਖ਼ਸੀਅਤ ਦੀ ਮੁਕੰਮਲ ਬਿਆਨੀ ਸੰਭਵ ਨਹੀਂ ਹੈ। ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਦ੍ਰਿੜ੍ਹਤਾ, ਸਬਰ ਤੇ ਸਿਦਕ ਭਰਪੂਰ ਅਦੁਤੀ ਜੀਵਨ ਗਾਥਾ ਸਮੁਚੀ ਮਨੁਖਤਾ ਅੰਦਰ ਹਕ-ਸਚ ਲਈ ਜੂਝਣ ਦਾ ਜਜ਼ਬਾ ਭਰਨ ਅਤੇ ਧਰਮ ਦੇ ਉਭਾਰ ਵਾਲੀ ਹੈ। ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਦਾ ਉਦੇਸ਼ ਹੀ ਧਰਮ ਦੀ ਸਥਾਪਨਾ, ਮਜ਼ਲੂਮਾਂ ਦੀ ਰਾਖੀ ਅਤੇ ਜਬਰ-ਜ਼ੁਲਮ ਦਾ ਡਟ ਕੇ ਟਾਕਰਾ ਕਰਨਾ ਸੀ। ਗੁਰੂ ਸਾਹਿਬ ਆਪਣੇ ਉਦੇਸ਼ ਨੂੰ ‘ਬਚਿਤ੍ਰ ਨਾਟਕ‘ ਵਿਚ ਸਪਸ਼ਟ ਕੀਤਾ ਹੈ।

ਮਨੁਖਤਾ ਦੀ ਭਲਾਈ:-

ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਨੇ ਸਾਰਾ ਜੀਵਨ ਹੀ ਮਨੁਖਤਾ ਦੀ ਭਲਾਈ ਲਈ ਜੀਵਿਆ। ਉਨ੍ਹਾਂ ਨੇ ਮਨੁਖਤਾ ਨੂੰ ਅਗਿਆਨਤਾ ਰੂਪੀ ਹਨੇਰੇ ਵਿਚੋਂ ਬਾਹਰ ਕਢ ਕੇ ਜੀਵਨ ਦੀ ਅਸਲ ਸਚਾਈ ਦੇ ਰੂਬਰੂ ਕੀਤਾ। ਧਰਮ ਦੀ ਰਖਵਾਲੀ ਲਈ ਅਨੇਕਾਂ ਕਸ਼ਟ ਝਲੇ। ਜੇਕਰ ਅਜ ਅਸੀਂ ਸੁਖੀ ਜੀਵਨ ਜੀਅ ਰਹੇ ਹਾਂ ਤਾਂ ਇਹ ਗੁਰੂ ਸਾਹਿਬ ਜੀ ਦੀ ਬਦੌਲਤ ਹੀ ਹੈ। ਆਪ ਜੀ ਦੇ ਪ੍ਰਕਾਸ਼ ਪੁਰਬ ‘ਤੇ ਸਾਡਾ ਫ਼ਰਜ਼ ਹੈ ਕਿ ਜਿਥੇ ਅਸੀਂ ਗੁਰੂ ਸਾਹਿਬ ਨੂੰ ਸਤਿਕਾਰ ਭੇਟ ਕਰਨਾ ਹੈ, ਉਥੇ ਹੀ ਉਨ੍ਹਾਂ ਦੇ ਦਰਸਾਏ ਮਾਰਗ ਦੇ ਪਾਂਧੀ ਵੀ ਬਣਨਾ ਹੈ।

ਅਸੀਂ ਦੁਨੀਆ ਦੇ ਭਾਈਚਾਰੇ ਵਿਚ ਸਰਬ-ਸਾਂਝੀਵਾਲਤਾਦੇ ਪੈਗ਼ਾਮ ਨੂੰ ਤਦ ਹੀ ਲੈ ਜਾ ਸਕਾਂਗੇ ਜੇਕਰ ਅਸੀਂ ਦੁਨੀਆ ਦੇ ਹਰ ਖੇਤਰ ਵਿਚ ਸ੍ਰੀ ਗੁਰੂ ਗੋਬਿੰਦ ਸਿੰਘ ਦੇ ਪਾਏ ਪੂਰਨਿਆਂ ‘ਤੇ ਚਲਦੇ ਹੋਏ ਕਥਨੀ ਤੇ ਕਰਨੀ ਦੇ ਸੂਰੇ ਬਣਾਂਗੇ। ਗੁਰਦੇਵ ਪਿਤਾ ਦੇ ਆਗ਼ਮਨ ਦਿਹਾੜੇ ‘ਤੇ ਸਾਨੂੰ ਸਭ ਨੂੰ ਇਹ ਅਰਦਾਸ ਕਰਨੀ ਚਾਹੀਦੀ ਹੈ ਕਿ ਗੁਰੂ ਕਿਰਪਾ ਕਰਨ, ਅਸੀਂ ਨਿਸ਼ਾਨ-ਏ-ਸਿਖੀ ਦੇ ਧਾਰਨੀ ਹੋ ਕੇ ਗੁਰਸਿਖੀ ਜੀਵਨ ਬਸਰ ਕਰਦੇ ਹੋਏ ਤੇ ਉਨ੍ਹਾਂ ਦੇ ਸਰਬ-ਸਾਂਝੇ ਉਪਦੇਸ਼ਾਂ ਨੂੰ ਸਾਰੀ ਮਨੁਖਤਾ ਤਕ ਪਹੁੰਚਾਉਣ ਦਾ ਯਤਨ ਕਰ ਸਕੀਏ। ਸੋ ਆਓ! ਗੁਰੂ ਬਖ਼ਸ਼ੀ ਖੰਡੇ-ਬਾਟੇ ਦੀ ਪਾਹੁਲ ਛਕ ਗੁਰਬਾਣੀ ਦੀ ਰੌਸ਼ਨੀ ਵਿਚ ਜੀਵਨ ਬਤੀਤ ਕਰੀਏ ਅਤੇ ਸਾਂਵੇਂ ਸੁਖਾਵੇਂ ਸਮਾਜ ਦੀ ਸਿਰਜਣਾ ਲਈ ਤਤਪਰ ਰਹੀਏ।

ਖ਼ਾਲਸਾ ਪੰਥ ਦੀ ਸਾਜਣਾ:-

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵਲੋਂ ਖ਼ਾਲਸਾ ਸਾਜਣਾ ਦੀ ਗਲ ਕਰੀਏ ਤਾਂ ਇਹ ਪੂਰੀ ਦੁਨੀਆ ਦੇ ਧਾਰਮਿਕ ਇਤਿਹਾਸ ਨੂੰ ਪ੍ਰਭਾਵਿਤ ਕਰਨ ਵਾਲ ਘਟਨਾ ਸੀ। ਇਸ ਘਟਨਾ ਨਾਲ ਸੰਨ 1699 ਦੀ ਵੈਸਾਖੀ ਦਾ ਦਿਨ ਦੁਨੀਆ ਦੇ ਇਤਿਹਾਸ ਅੰਦਰ ਇਕ ਨਿਵੇਕਲਾ ਅਧਿਆਇ ਸਿਰਜ ਗਿਆ। ਗੁਰੂ ਸਾਹਿਬ ਵਲੋਂ ਖ਼ਾਲਸਾ ਸਿਰਜਣਾ ਦੇ ਅਦੁਤੀ ਕਾਰਨਾਮੇ ਨੇ ਸਦੀਆਂ ਤੋਂ ਲਤਾੜੇ, ਗ਼ੁਲਾਮੀ ਵਾਲਾ ਜੀਵਨ ਜੀਅ ਰਹੇ ਲੋਕਾਂ ਨੂੰ ਆਤਮ ਵਿਸ਼ਵਾਸੀ ਬਣਾ ਕੇ ਅਰਸ਼ ‘ਤੇ ਪਹੁੰਚਾ ਦਿਤਾ। ਖ਼ਾਲਸਾ ਸਾਜ ਕੇ ਆਪ ਨੇ ਸਾਰੀਆਂ ਜਾਤਾਂ ਤੇ ਵਰਗਾਂ ਦੇ ਲੋਕਾਂ ਨੂੰ ਏਕਤਾ ਦੇ ਸੂਤਰ ਵਿਚ ਪਰੋ ਲੈਣ ਦਾ ਅਦੁਤੀ ਤੇ ਮਹਾਨ ਕਾਰਜ ਕੀਤਾ।

ਉਨ੍ਹਾਂ ਪੰਜ ਪਿਆਰਿਆਂ ਵਿਚ ਭਿੰਨ-ਭਿੰਨ ਵਰਗਾਂ ਦੇ ਲੋਕਾਂ ਨੂੰ ਸ਼ਾਮਲ ਕਰਕੇ ਊਚ ਨੀਚ ਦਾ ਫ਼ਰਕ ਸਦਾ ਲਈ ਮਿਟਾ ਦਿਤਾ। ਏਨਾ ਹੀ ਨਹੀਂ, ਫਿਰ ਆਪ ਵੀ ਪੰਜ ਪਿਆਰਿਆਂ ਤੋਂ ਅੰਮ੍ਰਿਤ ਛਕਿਆ। ਇਹ ਵੀ ਧਰਮਾਂ ਦੇ ਇਤਹਾਸ ਵਿਚ ਵਿਲਖਣ ਸੀ, ਕਿਉਂਕਿ ਇਸ ਤੋਂ ਪਹਿਲਾਂ ਅਜਿਹੀ ਕੋਈ ਉਦਾਹਰਣ ਨਹੀਂ ਸੀ ਮਿਲਦੀ ਕਿ ਕਿਸੇ ਗੁਰੂ ਨੇ ਆਪਣੇ ਨੂੰ ਆਪਣੇ ਤੋਂ ਉਪਰ ਦਾ ਦਰਜਾ ਜਾਂ ਮਾਣ ਦਿਤਾ ਹੋਵੇ। ਇਹ ਮਾਣ ਕੇਵਲ ਦਸਮ ਪਾਤਸ਼ਾਹ ਜੀ ਨੇ ਹੀ ਆਪਣੇ ਖ਼ਾਲਸੇ ਨੂੰ ਬਖ਼ਸ਼ਿਆ। ਇਸੇ ਤਰ੍ਹਾਂ ਹੋਲਾ-ਮਹਲਾ ਦਾ ਆਰੰਭ ਵੀ ਗੁਰੂ ਸਾਹਿਬ ਦੇ ਜੀਵਨ ਦਾ ਇਕ ਵਿਸ਼ੇਸ਼ ਕਾਰਨਾਮਾ ਹੈ ਜਿਸ ਨੇ ਸਿਖ ਕੌਮ ਨੂੰ ਸਵੈ-ਮਾਣ, ਅਣਖ, ਦਲੇਰੀ, ਹਿੰਮਤ ਅਤੇ ਬੀਰਤਾ ਨਾਲ ਜੋੜਿਆ।

ਗੁਰੂ ਸਾਹਿਬ ਜੀ ਵਲੋਂ ਰਚੀ ਗਈ ਬਾਣੀ ਵੀ ਮਾਨਵਤਾ ਲਈ ਸੁਚਜੇ ਜੀਵਨ ਦੀ ਘਾੜਤ ਘੜਨ ਵਾਲੀ ਹੈ। ਆਪ ਨੇ ਆਪਣੀ ਬਾਣੀ ਵਿਚ ਪਾਖੰਡਵਾਦ ਅਤੇ ਕਰਮ ਕਾਡਾਂ ਦਾ ਖੰਡਨ ਕੀਤਾ ਅਤੇ ਲੋਕਾਈ ਨੂੰ ਉਤਮ ਜੀਵਨ ਦੇ ਧਾਰਨੀ ਹੋਣ ਦੀ ਪ੍ਰੇਰਨਾ ਕੀਤੀ। ਆਪ ਨੇ ਉਪਦੇਸ਼ ਕੀਤਾ ਕਿ ਮੂਰਤੀ-ਪੂਜਾ, ਬੁਤ-ਪੂਜਾ, ਤੀਰਥ ਯਾਤਰਾ ਜਾਂ ਸਮਾਧੀਆਂ ਨਾਲ ਅਕਾਲਪੁਰਖ ਦੀ ਪ੍ਰਾਪਤੀ ਨਹੀਂ ਹੋ ਸਕਦੀ। ਜੀਵਨ ਅਹਿਮ ਹੈ ਤੇ ਇਸ ਨੂੰ ਵਿਅਰਥ ਦੇ ਕਰਮ ਕਾਡਾਂ ਤੇ ਭਰਮ ਭੁਲੇਖਿਆਂ ਵਿਚ ਪੈ ਕੇ ਬਰਬਾਦ ਕਰਨ ਦਾ ਕੋਈ ਲਾਭ ਨਹੀਂ। ਕਰਤਾਪੁਰਖ ਤਾਂ ਸਹਿਜ ਤੇ ਪਿਆਰ ਦਾ ਮਾਰਗ ਹੈ। ਇਸ ਦੀ ਸਮਝ ਵਾਲੇ ਹੀ ਉਸ ਵਿਚ ਅਭੇਦ ਹੁੰਦੇ ਹਨ। ਗੁਰੂ ਸਾਹਿਬ ਜੀ ਦਾ ਫ਼ੁਰਮਾਨ ਹੈ:

ਕਹਾ ਭਯੋ ਜੋ ਦੋਊ ਲੋਚਨ ਮੂੰਦ ਕੈ ਬੈਠਿ
ਰਹਿਓ ਬਕ ਧਿਆਨ ਲਗਾਇਓ॥
ਨ੍ਹਾਤ ਫਿਰਿਓ ਲੀਏ ਸਾਤ ਸਮੁੰਦ੍ਰਨਿ ਲੋਕ ਗਯੋ
ਪਰਲੋਕ ਗਵਾਇਓ॥
ਬਾਸ ਕੀਓ ਬਿਖਿਆਨ ਸੋ ਬੈਠ ਕੈ ਐਸੇ ਹੀ
ਐਸੇ ਸੁ ਬੈਸ ਬਿਤਾਇਓ॥
ਸਾਚੁ ਕਹੋਂ ਸੁਨ ਲੇਹੁ ਸਭੈ ਜਿਨ ਪ੍ਰੇਮ ਕੀਓ
ਤਿਨ ਹੀ ਪ੍ਰਭ ਪਾਇਓ॥

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਮਨੁਖਤਾ ਨੂੰ ਸੁਖੀ ਵੇਖਣ ਦੀ ਲੋਚਾ ਨਾਲ ਆਪਣਾ ਸਾਰਾ ਪਰਿਵਾਰ ਵਾਰ ਦਿਤਾ। ਆਪ ਜੀ ਨੇ ਚਮਕੌਰ ਦੀ ਜੰਗ ਅੰਦਰ ਆਪਣੇ ਵਡੇ ਸਾਹਿਬਜ਼ਾਦਿਆਂ ਨੂੰ ਆਪਣੇ ਹਥੀਂ ਤਿਆਰ ਕਰ ਸ਼ਹਾਦਤਾਂ ਲਈ ਤੋਰਿਆ। ਛੋਟੇ ਸਾਹਿਬਜ਼ਾਦੇ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਤੋਂ ਪਿਛੋਂ ਵੀ ਆਪ ਨੇ ਪਰਮਾਤਮਾ ਦਾ ਸ਼ੁਕਰ ਅਦਾ ਕੀਤਾ।

Related Articles

Leave a Reply

Your email address will not be published. Required fields are marked *

Back to top button