ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜ਼ਮੀਨ-ਜਾਇਦਾਦ ਦੀ ਰਜਿਸਟ੍ਰੇਸ਼ਨ ਲਈ ਐਨ.ਓ.ਸੀ. ਦੀ ਸ਼ਰਤ ਖਤਮ ਕਰਨ ਦਾ ਐਲਾਨ
Chandigarh,06 Feb,2024,(Bol Punjab De):- ਸੂਬੇ ਦੇ ਲੋਕਾਂ ਨੂੰ ਵੱਡੀ ਰਾਹਤ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Chief Minister Bhagwant Singh Mann) ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਕਿਸੇ ਵੀ ਕਿਸਮ ਦੀ ਜ਼ਮੀਨ-ਜਾਇਦਾਦ ਦੀ ਰਜਿਸਟ੍ਰੇਸ਼ਨ ਲਈ ਕੋਈ ਇਤਰਾਜ਼ ਨਹੀਂ ਦੇ ਸਰਟੀਫਿਕੇਟ (ਐਨ.ਓ.ਸੀ.) (N.O.C.) ਦੀ ਸ਼ਰਤ ਖਤਮ ਕਰਨ ਦਾ ਫੈਸਲਾ ਕੀਤਾ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਹ ਫੈਸਲਾ ਵਡੇਰੇ ਜਨਤਕ ਹਿੱਤ ਵਿੱਚ ਲਿਆ ਗਿਆ ਹੈ ਤਾਂ ਕਿ ਇਹ ਯਕੀਨੀ ਬਣਾਇਆ ਜਾ ਸਕੇ ਕਿ ਲੋਕਾਂ ਨੂੰ ਕਿਸੇ ਵੀ ਕਿਸਮ ਦੀ ਪ੍ਰੇਸ਼ਾਨੀ ਨਾ ਹੋਵੇ। ਉਨ੍ਹਾਂ ਕਿਹਾ ਕਿ ਇਸ ਫੈਸਲੇ ਲਈ ਕਾਨੂੰਨੀ ਪ੍ਰਕਿਰਿਆ ਨੂੰ ਪਹਿਲਾਂ ਹੀ ਘੋਖ ਲਿਆ ਗਿਆ ਹੈ ਅਤੇ ਇਸ ਬਾਰੇ ਹੋਰ ਵੇਰਵੇ ਛੇਤੀ ਸਾਂਝੇ ਕੀਤੇ ਜਾਣਗੇ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਫੈਸਲਾ ਆਮ ਲੋਕਾਂ ਨਾਲ ਸਲਾਹ-ਮਸ਼ਵਰੇ ਤੋਂ ਬਾਅਦ ਲਿਆ ਗਿਆ ਅਤੇ ਇਨ੍ਹਾਂ ਲੋਕਾਂ ਨੂੰ ਇਸ ਦਾ ਵੱਡਾ ਫਾਇਦਾ ਹੋਵੇਗਾ।ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮੌਜੂਦਾ ਸਮੇਂ ਐਨ.ਓ.ਸੀ. (N.O.C.) ਦੀ ਉਪਬਲਧਤਾ ਨਾ ਹੋਣ ਦੀ ਸੂਰਤ ਵਿੱਚ ਸ਼ਹਿਰੀ ਤੇ ਪੇਂਡੂ ਖੇਤਰਾਂ ਦੇ ਲੋਕਾਂ ਨੂੰ ਬਹੁਤ ਸਾਰੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਕਾਰਨ ਜ਼ਮੀਨ-ਜਾਇਦਾਦ ਦੀ ਰਜਿਸਟ੍ਰੇਸ਼ਨ ਦੀ ਪ੍ਰਕਿਰਿਆ ਵਿੱਚ ਰੁਕਾਵਟ ਪੈਦਾ ਹੁੰਦੀ ਹੈ ਜਿਸ ਨਾਲ ਆਮ ਵਿਅਕਤੀ ਨੂੰ ਮੁਸ਼ਕਲਾਂ ਪੇਸ਼ ਆਉਂਦੀਆਂ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਜ਼ਮੀਨ ਦੀ ਰਜਿਸਟ੍ਰੇਸ਼ਨ ਲਈ ਐਨ.ਓ.ਸੀ. ਦੀ ਸ਼ਰਤ ਖਤਮ ਹੋਣ ਦੇ ਫੈਸਲੇ ਦੇ ਲਾਗੂ ਹੋਣ ਨਾਲ ਲੋਕਾਂ ਨੂੰ ਇਸ ਸਮੱਸਿਆ ਤੋਂ ਨਿਜਾਤ ਮਿਲ ਜਾਵੇਗੀ।